ਅੰਮਿ੍ਤਪਾਲ ਸਿੰਘ, ਅੰਮਿ੍ਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1 ਅਗਸਤ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪਹਿਲਾ ਅੰਤਰਰਾਸ਼ਟਰੀ ਨਗਰ ਕੀਰਤਨ ਸਿੱਖ ਰਵਾਇਤਾਂ ਅਤੇ ਪੰਥਕ ਜਾਹੋ-ਜਲਾਲ ਨਾਲ ਆਰੰਭ ਹੋਵੇਗਾ।
ਇਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਦੌਰਾਨ ਬੁੱਧਵਾਰ ਨੂੰ ਓਕਾਫ ਬੋਰਡ ਦੇ ਚੇਅਰਮੈਨ ਡਾ. ਆਮਿਰ ਅਹਿਮਦ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਵੰਤ ਸਿੰਘ ਨੇ ਨਗਰ ਕੀਰਤਨ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ੰਥੀ ਗਿਆਨੀ ਜਗਤਾਰ ਸਿੰਘ, ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਸੀਨੀਅਰ ਆਗੂ ਦਰਬਾਰਾ ਸਿੰਘ ਗੁਰੂ, ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ ਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨਾਲ ਮੁਲਾਕਾਤ ਕੀਤੀ।
ਇਸ ਮੌਕੇ ਜੂਨੀਅਰ ਮੀਤ ਪ੍ਰਧਾਨ ਬਿੱਕਰ ਸਿੰਘ ਚੰਨੂ, ਅੰਤਿ੍ੰਗ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਭਾਈ ਰਾਜਿੰਦਰ ਸਿੰਘ ਮਹਿਤਾ, ਗੁਰਮੀਤ ਸਿੰਘ ਬੂਹ, ਭਗਵੰਤ ਸਿੰਘ ਸਿਆਲਕਾ, ਓਕਾਫ ਬੋਰਡ ਦੇ ਸਕੱਤਰ ਇਮਰਾਨ ਗੋਦਲ, ਪਾਕਿਸਤਾਨ ਕਮੇਟੀ ਦੇ ਜਨਰਲ ਸਕੱਤਰ ਅਮੀਰ ਸਿੰਘ, ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ ਆਦਿ ਮੌਜੂਦ ਸਨ।
ਓਕਾਫ ਬੋਰਡ ਦੇ ਚੇਅਰਮੈਨ ਡਾ. ਆਮਿਰ ਅਹਿਮਦ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਨਗਰ ਕੀਰਤਨ ਸਜਾਇਆ ਜਾਣਾ ਇਕ ਚੰਗਾ ਯਤਨ ਹੈ, ਜਿਸ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੀ ਜੋਸ਼ੋ-ਖਰੋਸ਼ ਨਾਲ ਆਰੰਭਤਾ ਹੋਵੇਗੀ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਅਤੇ ਓਕਾਫ ਬੋਰਡ ਵੱਲੋਂ ਉਹ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਅਤੇ ਸਿੰਘ ਸਾਹਿਬਾਨ ਦਾ ਸਵਾਗਤ ਕਰਨ ਲਈ ਪੁੱਜੇ ਹਨ।
ਉਨ੍ਹਾਂ ਕਿਹਾ ਕਿ 550ਵਾਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ 'ਚ ਸ਼੍ਰੋਮਣੀ ਕਮੇਟੀ ਦਾ ਸਹਿਯੋਗ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਨਗਰ ਕੀਰਤਨ ਨਾਲ ਦੋਵਾਂ ਦੇਸ਼ਾਂ ਦੀਆਂ ਸੰਗਤਾਂ ਦੀ ਆਪਸੀ ਸਾਂਝ ਹੋਰ ਮਜ਼ਬੂਤ ਹੋਵੇਗੀ। ਸ਼੍ਰੋਮਣੀ ਕਮੇਟੀ ਵੱਲੋਂ ਭਾਈ ਲੌਂਗੋਵਾਲ ਅਤੇ ਹੋਰਾਂ ਨੇ ਡਾ. ਆਮਿਰ ਅਹਿਮਦ ਦਾ ਸਿਰੋਪਾਓ, ਸ੍ਰੀ ਸਾਹਿਬ, ਸੋਨੇ ਦੇ ਵਿਸ਼ੇਸ਼ ਤੌਰ 'ਤੇ ਤਿਆਰ ਕੀਤੇ ਸਿੱਕੇ ਨਾਲ ਸਨਮਾਨ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਓਕਾਫ ਬੋਰਡ ਦੇ ਚੇਅਰਮੈਨ ਡਾ. ਆਮਿਰ ਅਹਿਮਦ, ਪਾਕਿਸਤਾਨ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਤਵੰਤ ਸਿੰਘ ਤੇ ਹੋਰਨਾਂ ਦਾ ਨਗਰ ਕੀਰਤਨ ਦੇ ਪ੍ਰਬੰਧਾਂ ਵਿਚ ਸਹਿਯੋਗ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਰਸੇ ਬਾਅਦ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਭਾਰਤ ਲਈ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ, ਜਿਸ ਸਬੰਧੀ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਅੰਦਰ ਭਰਵਾਂ ਚਾਅ ਪਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸ੍ਰੀ ਨਨਕਾਣਾ ਸਾਹਿਬ ਸਮੁੱਚੇ ਵਿਸ਼ਵ ਦੀਆਂ ਸੰਗਤਾਂ ਲਈ ਮੁਬਾਰਕ ਅਸਥਾਨ ਹੈ ਅਤੇ ਉਹ ਇਸ ਨਗਰ ਕੀਰਤਨ ਨੂੰ ਵਾਹਗਾ-ਅਟਾਰੀ ਸਰਹੱਦ ਰਾਹੀਂ ਭਾਰਤ ਪਹੁੰਚਣ ਦੀ ਉਡੀਕ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਦੌਰਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਅਤੇ ਪਾਕਿਸਤਾਨ ਗੁਰਦੁਆਰਾ ਕਮੇਟੀ ਦੇ ਯਤਨਾਂ ਨੂੰ ਸਿੱਖ ਕੌਮ ਲਈ ਮੁਬਾਰਕ ਕਦਮ ਦੱਸਿਆ।
from Punjabi News -punjabi.jagran.com https://ift.tt/2GBErCc
via IFTTT
No comments:
Post a Comment